ਪਟਿਆਲਾ: 19 ਅਪ੍ਰੈਲ, 2015
ਅੱਜ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਉਚੇਰੀਆਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਰੋਲ ਆਫ਼ ਆਨਰ, ਕਾਲਜ ਕਲਰ, ਮੈਰਿਟ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ। ਆਪਣੇ ਭਾਸ਼ਣ ਵਿਚ ਉਨ੍ਹਾਂ ਨੇ ਹੋਣਹਾਰ ਵਿਦਿਆਰਥੀਆਂ ਦੀਆਂ ਅਕਾਦਮਿਕਤਾ, ਖੇਡਾਂ ਅਤੇ ਸਭਿਆਚਾਰਕ ਸਰਗਰਮੀਆਂ ਦੇ ਖੇਤਰ ਵਿਚ ਕੀਤੀਆਂ ਵੱਡੀਆਂ ਪ੍ਰਾਪਤੀਆਂ ਦੀ ਪ੍ਰਸੰਸਾ ਕੀਤੀ ਤੇ ਕਿਹਾ ਕਿ ਮੋਦੀ ਕਾਲਜ ਨੇ ਹਰ ਪੱਖੋਂ ਆਪਣਾ ਮਿਆਰ ਉਂਚਾ ਬਣਾਈ ਰੱਖਿਆ ਹੈ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਬਹੁਤ ਹੀ ਪ੍ਰੇਰਨਾਮਈ ਅੰਦਾਜ਼ ਵਿਚ ਕਿਹਾ ਕਿ ਉਹ ਜ਼ਿੰਦਗੀ ਵਿਚ ਉਚੇਰੇ ਆਦਰਸ਼ਾਂ ਦੀ ਪ੍ਰਾਪਤੀ ਲਈ ਯਤਨਸ਼ੀਲ ਰਹਿਣ ਤਾਂ ਜੋ ਚੰਗੇਰੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਇਸ ਤੋਂ ਪਹਿਲਾਂ ਮੁੱਖ ਮਹਿਮਾਨ, ਕਾਲਜ ਮੈਨੇਜਮੈਂਟ ਦੇ ਨੁਮਾਇੰਦੇ ਕਰਨਲ (ਰਿਟਾਇਰਡ) ਕਰਮਿੰਦਰ ਸਿੰਘ, ਸਾਬਕਾ ਪ੍ਰਿੰਸੀਪਲ ਸੁਰਿੰਦਰ ਲਾਲ ਅਤੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਗਿਆਨ ਦੀ ਜੋਤ ਜਗਾ ਕੇ ਪ੍ਰੋਗਰਾਮ ਦਾ ਆਗ਼ਾਜ਼ ਕੀਤਾ। ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਪ੍ਰਸਤੁਤ ਕੀਤਾ।
ਕਾਲਜ ਦੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਤੇ ਹੋਰ ਮੋਹਤਬਰ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਤੇ ਇਸ ਵਿਦਿਅਕ ਵਰ੍ਹੇ ਦੌਰਾਨ ਕਾਲਜ ਦੀਆਂ ਪ੍ਰਾਪਤੀਆਂ ਦੀ ਸੰਖੇਪ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਨੇ ਜਿਥੇ ਵਿਦਿਆਰਥੀਆਂ ਦੀਆਂ ਵਿਲੱਖਣ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਉਥੇ ਨਾਲ ਹੀ ਦੱਸਿਆ ਕਿ ਦਿ ਟ੍ਰਿਬਿਊਨ ਵਲੋਂ ਪਿਛਲੇ ਦਿਨੀਂ ਪ੍ਰਕਾਸ਼ਿਤ ਗਾਈਡ ਟੂ ਬੈਸਟ ਕਾਲਜਿਜ਼ ਸਰਵੇਖਣ ਵਿਚ ਮੋਦੀ ਕਾਲਜ ਨੂੰ ਕਾਮਰਸ ਦੀ ਪੜ੍ਹਾਈ ਵਿਚ ਉਂਤਰੀ ਭਾਰਤ ਦੇ ਸਰਵੋਤਮ ਛੇ ਕਾਲਜਾਂ ਵਿਚੋਂ ਤੀਜੇ ਨੰਬਰ ਤੇ ਦਰਸਾਇਆ ਗਿਆ ਹੈ।
ਸ੍ਰੀ ਜੇ. ਐਸ. ਚੀਮਾ, ਸ. ਸੁਰਜੀਤ ਸਿੰਘ ਅਵਲੋਵਾਲ ਤੇ ਸ. ਜਸਪਾਲ ਸਿੰਘ ਕਲਿਆਣ ਇਸ ਅਵਸਰ ਤੇ ਵਿਸ਼ੇਸ਼ ਮਹਿਮਾਨਾਂ ਵਜੋਂ ਸਮਾਗਮ ਵਿਚ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ। ਸ. ਸੁਰਜੀਤ ਸਿੰਘ ਅਬਲੋਵਾਲ ਨੇ ਕਾਲਜ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਮਿਹਨਤ ਤੇ ਇਮਾਨਦਾਰੀ ਨਾਲ ਜੀਵਨ ਵਿੱਚ ਉਚੇਰੇ ਲਕਸ਼ ਪ੍ਰਾਪਤ ਕਰਨ ਲਈ ਪ੍ਰੇਰਨਾਮਈ ਸ਼ਬਦ ਕਹੇ।
ਕਾਲਜ ਦੇ ਰਜਿਸਟਰਾਰ ਡਾ. ਹਰਚਰਨ ਸਿੰਘ ਨੇ ਦੱਸਿਆ ਕਿ ਇਸ ਇਨਾਮ-ਵੰਡ ਸਮਾਰੋਹ ਵਿਚ ਅਕਾਦਮਿਕਤਾ, ਖੇਡਾਂ, ਸਭਿਆਚਾਰਕ ਸਰਗਰਮੀਆਂ, ਐਨ.ਸੀ.ਸੀ. ਅਤੇ ਐਨ.ਐਸ.ਐਸ. ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਵਿਚੋਂ 37 ਵਿਦਿਆਰਥੀਆਂ ਨੂੰ ਰੋਲ ਆਫ਼ ਆਨਰ, 154 ਵਿਦਿਆਰਥੀਆਂ ਨੂੰ ਕਾਲਜ ਕਲਰ ਅਤੇ 309 ਨੂੰ ਮੈਰਿਟ ਸਰਟੀਫਿਕੇਟ ਦਿੱਤੇ ਗਏ ਹਨ। ਕਾਲਜ ਦੀ ਮਨੀਸ਼ਾ, ਜੋਤੀ ਰਾਣੀ, ਅਮਨਪ੍ਰੀਤ ਕੌਰ, ਕੀਮੀਆ ਗੁਪਤਾ, ਸ਼ਰੂਤੀ ਸੂਦ, ਕਾਜਲ ਰਾਣੀ, ਪਵਨਪ੍ਰੀਤ ਕੌਰ ਤੇ ਲਵੀਨਾ ਗੋਇਲ ਨੂੰ ਪੰਜਾਬੀ ਯੂਨੀਵਰਸਿਟੀ ਪਰੀਖਿਆਵਾਂ ਵਿਚੋਂ ਪ੍ਰਥਮ ਸਥਾਨ ਹਾਸਲ ਕਰਨ ਲਈ ਰੋਲ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਹਿਮਾਂਸ਼ੂ ਗੁਪਤਾ ਨੇ ਲੋਕ ਨਾਚਾਂ ਵਿਚ ਕੌਮਾਂਤਰੀ ਪ੍ਰਾਪਤੀਆਂ ਕਾਰਨ ਰੋਲ ਆਫ਼ ਆਨਰ ਹਾਸਲ ਕੀਤਾ।
ਅੰਗਦਵੀਰ ਸਿੰਘ ਬਾਜਵਾ (ਸ਼ਾਟਗਨ), ਨੀਲਮ ਰਾਣੀ (ਫੈਂਸਿੰਗ), ਰਾਜਬੀਰ ਸਿੰਘ (ਸਾਈਕਲਿੰਗ) ਨੂੰ ਖੇਡਾਂ ਦੇ ਖੇਤਰ ਵਿਚ ਅੰਤਰ ਰਾਸ਼ਟਰੀ ਪੱਧਰ ਤੇ ਕੀਤੀਆਂ ਪ੍ਰਾਪਤੀਆਂ ਲਈ ਰੋਲ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਤੋਂ ਇਲਾਵਾ ਕਾਲਜ ਦੇ 24 ਹੋਰ ਖਿਡਾਰੀਆਂ ਨੂੰ ਕੌਮੀ ਪੱਧਰ ਤੇ ਕੀਤੀਆਂ ਪ੍ਰਾਪਤੀਆਂ ਲਈ ਰੋਲ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਅੱਜ ਦੇ ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਖਿਡਾਰੀਆਂ ਦੀਆਂ ਪ੍ਰਾਪਤੀਆਂ ਪਿਛੇ ਅਣਥੱਕ ਮਿਹਨਤ ਕਰ ਰਹੇ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਅਵਸਰ ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਕਰਨਲ ਕਰਮਿੰਦਰ ਸਿੰਘ ਅਤੇ ਸਾਬਕਾ ਪ੍ਰਿੰਸੀਪਲ ਸ੍ਰੀ ਸੁਰਿੰਦਰ ਲਾਲ ਤੇ ਸ੍ਰੀ ਓ.ਪੀ. ਧੀਮਾਨ, ਸਟੇਟ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਅਮਰਜੀਤ ਕੌਰ ਘੱਗਾ, ਸੇਵਾ ਮੁਕਤ ਅਧਿਆਪਕ, ਕਰਮਚਾਰੀ ਅਤੇ ਇਨਾਮ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਸਮਾਗਮ ਦੇ ਅੰਤ ਤੇ ਡਾ. ਵਿਨੇ ਕੁਮਾਰ ਜੈਨ ਅਤੇ ਡਾ. ਹਰਚਰਨ ਸਿੰਘ ਨੇ ਧੰਨਵਾਦ ਦੇ ਸ਼ਬਦ ਕਹੇ। ਪ੍ਰੋ. ਬਲਵੀਰ ਸਿੰਘ, ਪ੍ਰੋ. ਬਲਜਿੰਦਰ ਕੌਰ ਤੇ ਪ੍ਰੋ. ਅਜੀਤ ਕੁਮਾਰ ਨੇ ਮੰਚ ਸੰਚਾਲਨ ਦਾ ਕਾਰਜ ਬਾਖ਼ੂਬੀ ਨਿਭਾਇਆ।
ਡਾ. ਖੁਸ਼ਵਿੰਦਰ ਕੁਮਾਰ
ਪ੍ਰਿੰਸੀਪਲ







