ਪਟਿਆਲਾ: 19 ਅਪਰੈਲ, 2017
ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਈ-ਸਪੋਰਟਸ ਓਵਰਆਲ ਚੈਂਪੀਅਨਸ਼ਿਪਸ (ਲੜਕੇ ਤੇ ਲੜਕੀਆਂ) ਮੋਦੀ ਕਾਲਜ ਪਟਿਆਲਾ ਨੇ ਜਿੱਤੀ
ਅੱਜ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਦੋ ਰੋਜ਼ਾ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਈ-ਸਪੋਰਟਸ ਚੈਂਪੀਅਨਸ਼ਿਪ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਚੈਂਪੀਅਨਸ਼ਿਪ ਵਿਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ ਸਬੰਧਤ ਸੱਤ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੁਆਰਾ ਕੀਤਾ ਗਿਆ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਦੇ ਖੇਡ ਕਲੰਡਰ ਵਿੱਚ ਪਹਿਲੀ ਵਾਰ ਸ਼ਾਮਲ ਹੋਈ ਇਸ ਖੇਡ ਪ੍ਰਤਿਯੋਗਿਤਾ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਇਹਨਾਂ ਖੇਡਾਂ ਦੇ ਵਿਸ਼ੇਸ਼ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਤਕਨਾਲੋਜੀ ਨੂੰ ਅਪਣਾਉਣ ਅਤੇ ਆਪਣੀ ਜ਼ਿੰਦਗੀ ਵਿੱਚ ਇਸ ਦੀ ਸੁਯੋਗ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ।

ਇਸ ਮੌਕੇ ਕਾਲਜ ਦੇ ਡੀਨ, ਸਪੋਰਟਸ ਡਾ. ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰ ਯੂਨੀਵਰਸਿਟੀ ਮੁਕਾਬਲਿਆਂ ਵਿੱਚ ਵੀ ਪਹਿਲਾ ਸਥਾਨ ਹਾਸਲ ਕੀਤਾ ਹੋਇਆ ਹੈ। ਇਸ ਚੈਂਪੀਅਨਸ਼ਿਪ ਨੂੰ ਸੁਚਾਰੂ ਰੂਪ ਵਿੱਚ ਆਯੋਜਿਤ ਕਰਨ ਲਈ ਪੰਜਾਬੀ ਯੂਨੀਵਰਸਿਟੀ ਦੇ ਖੇਡ ਅਧਿਕਾਰੀ ਸ. ਪ੍ਰਿੰਸਇੰਦਰ ਸਿੰਘ ਘੁੰਮਣ ਵੀ ਉਚੇਚੇ ਤੌਰ ਤੇ ਹਾਜ਼ਰ ਸਨ।
ਇਹਨਾਂ ਮੁਕਾਬਲਿਆਂ ਵਿੱਚ ਮੋਦੀ ਕਾਲਜ ਦੀਆਂ ਖਿਡਾਰਣਾਂ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਖਾਲਸਾ ਕਾਲਜ, ਪਟਿਆਲਾ ਦੀ ਟੀਮ ਦੂਜੇ ਸਥਾਨ ਤੇ ਰਹੀ। ਲੜਕਿਆਂ ਦੇ ਮੁਕਾਬਲਿਆਂ ਵਿੱਚ ਵੀ ਮੋਦੀ ਕਾਲਜ ਦੀ ਟੀਮ ਪਹਿਲੇ ਸਥਾਨ ਤੇ ਰਹੀ ਅਤੇ ਪੰਜਾਬੀ ਯੂਨੀਵਰਸਿਟੀ ਕੈਂਪਸ ਦੀ ਟੀਮ ਨੂੰ ਦੂਜਾ ਸਥਾਨ ਪ੍ਰਾਪਤ ਹੋਇਆ। ਇਸ ਚੈਂਪੀਅਨਸ਼ਿਪ ਦੇ ਸਫ਼ਲਤਾ ਪੂਰਵਕ ਸੰਪੰਨ ਹੋਣ ਤੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਕਾਲਜ ਦੇ ਖੇਡ ਵਿਭਾਗ ਦੇ ਮੁਖੀ ਪ੍ਰੋ. ਨਿਸ਼ਾਨ ਸਿੰਘ, ਪ੍ਰੋ. ਹਰਨੀਤ ਸਿੰਘ ਅਤੇ ਪ੍ਰੋ. (ਮਿਸ) ਮਨਦੀਪ ਕੌਰ ਦੀ ਸਖਤ ਮਿਹਨਤ ਤੇ ਯੋਗ ਅਗਵਾਈ ਦੀ ਸਰਾਹਨਾ ਕੀਤੀ।
ਇਸ ਮੌਕੇ ਕਾਲਜ ਦੇ ਰਜਿਸਟਰਾਰ ਡਾ. ਅਜੀਤ ਕੁਮਾਰ ਅਤੇ ਕਾਲਜ ਦੇ ਬਾਕੀ ਅਧਿਆਪਕ ਅਤੇ ਕਰਮਚਾਰੀ ਵੀ ਸ਼ਾਮਲ ਸਨ।